ਸ਼ਹੀਦੀ ਦਿਹਾੜੇ ’ਤੇ ਆਤਿਸ਼ਬਾਜ਼ੀ ਕਰਨ ਦਾ ਸਿੱਖ ਆਗੂਆਂ ਨੇ ਬੁਰਾ ਮਨਾਇਆ;
ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ’ਤੇ ਆਧਾਰਤ ਲੇਜ਼ਰ ਸ਼ੋਅ
ਐਸ.ਏ.ਐਸ. ਨਗਰ(ਮੁਹਾਲੀ), 25 ਜੂਨ : ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਜੰਗੀ ਯਾਦਗਾਰ ਤੋਂ ਹੋਈ। ਜੰਗੀ ਯਾਦਗਾਰ ਦੇ ਅੰਦਰ ਖੁੱਲ੍ਹੇ ਪੰਡਾਲ ਵਿੱਚ ਸ਼ਾਮ 7 ਵਜੇ ਵਿਸ਼ਵ ਦੀ ਪ੍ਰਸਿੱਧ ਕੰਪਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ’ਤੇ ਅਧਾਰਤ ਲੇਜ਼ਰ ਸ਼ੋਅ ਕਰਾਇਆ ਗਿਆ। ਇਸ ਦੌਰਾਨ ਫ਼ਤਹਿ ਮਿਨਾਰ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਯਾਦਗਾਰ ਦੇ ਅੰਦਰ ਅਤੇ ਬਾਹਰ ਸੜਕਾਂ ’ਤੇ ਚੁਫੇਰੇ ਕੇਸਰੀ ਝੰਡੇ ਝੂਲ ਰਹੇ ਸਨ। ਉੱਧਰ, ਸ਼ਹੀਦੀ ਦਿਹਾੜੇ ’ਤੇ ਕੀਤੀ ਗਈ ਆਤਿਸ਼ਬਾਜ਼ੀ ਦਾ ਸਿੱਖ ਆਗੂਆਂ ਨੇ ਕਾਫੀ ਬੁਰਾ ਮਨਾਇਆ ਹੈ। ਇਸ ਦੌਰਾਨ ਪ੍ਰਬੰਧਾਂ ਦੀ ਘਾਟ ਕਾਰਨ ਵੱਡੀ ਗਿਣਤੀ ਲੋਕਾਂ ਨੂੰ ਭੁੰਜੇ ਬੈਠ ਕੇ ਪ੍ਰੋਗਰਾਮ ਦੇਖਣਾ ਪਿਆ। ਦੱਸਿਆ ਗਿਆ ਹੈ ਕਿ ਪੰਡਾਲ ਵਿੱਚ ਤਿੰਨ ਹਜ਼ਾਰ ਕੁਰਸੀਆਂ ਲਾਈਆਂ ਗਈਆਂ ਸਨ ਜਦੋਂ ਕਿ ਲੋਕ ਪੰਜ ਹਜ਼ਾਰ ਤੋਂ ਵੱਧ ਪਹੁੰਚ ਹੋਏ ਸਨ ਜਿਸ ਕਾਰਨ ਵੱਡੀ ਗਿਣਤੀ ਦਰਸ਼ਕਾਂ ਨੂੰ ਜ਼ਮੀਨ ’ਤੇ ਬੈਠਣਾ ਪਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਚੱਪੜਚਿੜੀ ਜੰਗੀ ਯਾਦਗਾਰ ਸਮੇਤ ਹੋਰ ਬਣਾਈਆਂ ਗਈਆਂ ਯਾਦਗਾਰਾਂ ਜਿਵੇਂ ਕਿ ਵਿਰਾਸਤ-ਏ-ਖਾਲਸਾ, ਛੋਟਾ ਤੇ ਵੱਡਾ ਘੱਲੂਘਾਰਾ ਯਾਦਗਾਰਾਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੋਣਗੀਆਂ ਅਤੇ ਇਨ੍ਹਾਂ ਤੋਂ ਨੌਜਵਾਨਾਂ ਨੂੰ ਸਹੀ ਸੇਧ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਕ ਹਜ਼ਾਰ ਕਰੋੜ ਦੀ ਲਾਗਤ ਨਾਲ ਚੱਪੜਚਿੜੀ ਜੰਗੀ ਯਾਦਗਾਰ ਸਮੇਤ ਹੋਰਨਾਂ ਯਾਦਗਾਰਾਂ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। ਜੰਗ-ਏ-ਆਜ਼ਾਦੀ ਯਾਦਗਾਰ, ਭਗਵਾਨ ਵਾਲਮੀਕ ਯਾਦਗਾਰ, ਗੁਰੂ ਰਵਿਦਾਸ ਯਾਦਗਾਰ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਬਣਾਈ ਜਾ ਰਹੀ ਹੈ। ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਇਸ ਮੈਦਾਨ ਵਿੱਚ ਸੂਬਾ ਸਰਹੰਦ ਨੂੰ ਮੌਤ ਦੇ ਘਾਟ ਉਤਾਰ ਕੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਦਾ ਬਦਲਾ ਲਿਆ ਸੀ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆਂ ਭਰ ਵਿੱਚ ਇਤਿਹਾਸ ਦੇ ਰਚਨਾਕਾਰ ਵਜੋਂ ਜਾਣੇ ਜਾਂਦੇ ਹਨ ਪਰ ਬਦਕਿਸਮਤੀ ਇਹ ਹੈ ਕਿ ਉਹ ਇਸ ਅਮੀਰ ਇਤਿਹਾਸ ਨੂੰ ਸੰਭਾਲ ਨਹੀਂ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਆਪਣੇ ਪਿਛਲੇ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਕਦਮ ਚੁੱਕੇ ਹਨ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੈਰ ਸਪਾਟਾ ਮੰਤਰੀ ਸੋਹਨ ਸਿੰਘ ਠੰਡਲ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।
from Punjab News – Latest news in Punjabi http://ift.tt/291teuV
0 comments