ਲੁਧਿਆਣਾ : ਸਿੱਖ ਆਗੂ ਭਾਈ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਅੱਜ ਉਨ੍ਹਾਂ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲੀਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਨੇ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜੋਗਾ ਸਿੰਘ ਦੇ ਕਾਤਲ ਕਾਬੂ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।
ਥਾਣਾ ਹੈਬੋਵਾਲ ਦੀ ਪੁਲੀਸ ਨੇ ਡੀਐਮਸੀ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਹੈ। ਜੋਗਾ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਸਮਰਥਕ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ ਤੇ ਸੂਚਨਾ ਮਿਲਦੇ ਹੀ ਪੁਲੀਸ ਫੋਰਸ ਵੀ ਮੌਕੇ ’ਤੇ ਪੁੱਜ ਗਈ। ਸਿੱਖ ਜਥੇਬੰਦੀਆਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪੁਲੀਸ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦੀ ਹੀ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ।
ਜੋਗਾ ਸਿੰਘ ਖ਼ਾਲਿਸਤਾਨੀ ਦੇ ਸਾਥੀ ਸੁਰਿੰਦਰ ਸਿੰਘ ਨੇ ਕਿਹਾ ਕਿ 30 ਜੂਨ ਨੂੰ ਜੋਗਾ ਸਿੰਘ ’ਤੇ ਜਾਨਲੇਵਾ ਹਮਲਾ ਹੋਇਆ ਸੀ ਤੇ ਇਸ ਮਾਮਲੇ ਵਿੱਚ ਪੁਲੀਸ ਨੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਪੁਲੀਸ ਨੇ ਮੁੱਖ ਮੁਲਜ਼ਮ ਸੰਦੀਪ ਸਿੰਘ ਨੂੰ ਕਾਬੂ ਨਹੀਂ ਕੀਤਾ ਸੀ। ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਪੁਲੀਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਇਸ ਲਈ ਜਦੋਂ ਤੱਕ ਜੋਗਾ ਸਿੰਘ ਦੇ ਕਤਲ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਜਾਂਦਾ, ਉਦੋਂ ਤੱਕ ਨਾ ਤਾਂ ਧਰਨਾ ਖ਼ਤਮ ਕੀਤਾ ਜਾਵੇਗਾ ਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।
ਥਾਣਾ ਹੈਬੋਵਾਲ ਦੇ ਐਸ.ਐਚ.ਓ. ਇੰਸਪੈਕਟਰ ਅਮਰਜੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਸੰਦੀਪ ਸਿੰਘ ਪਹਿਲਾਂ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਹੁਣ ਜੋਗਾ ਸਿੰਘ ਦੀ ਮੌਤ ਹੋ ਗਈ ਹੈ। ਪੁਲੀਸ ਨੇ ਉਸ ਦੀ ਤੇ ਉਸ ਦੇ ਸਾਥੀਆਂ ਦੀ ਭਾਲ ’ਚ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
from Punjab News – Latest news in Punjabi http://ift.tt/2dReUow
0 comments