ਸਰਹੱਦੀ ਖੇਤਰ ਦੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਨੇ ਕੀਤੇ ਪ੍ਰਬੰਧ

sgpcਅੰਮ੍ਰਿਤਸਰ, 1 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚੋਂ ਉਠਾਏ ਗਏ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਲਈ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਅਬੋਹਰ ਖੇਤਰਾਂ ਲਈ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਦਿਆਲ ਸਿੰਘ ਕੋਲਿਆਂਵਾਲੀ, ਮੋਹਣ ਸਿੰਘ ਬੰਗੀ (ਦੋਵੇਂ ਮੈਂਬਰ ਅੰਤ੍ਰਿੰਗ ਕਮੇਟੀ), ਦਰਸ਼ਨ ਸਿੰਘ ਮੋਠਾਂਵਾਲਾ, ਪ੍ਰੀਤਮ ਸਿੰਘ ਮਨਸੀਆਂ (ਮੈਂਬਰ ਸ਼੍ਰੋਮਣੀ ਕਮੇਟੀ) ਅਤੇ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਦੇ ਸਰਹੱਦੀ ਖੇਤਰਾਂ ਲਈ ਰਾਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਸੁੱਚਾ ਸਿੰਘ ਲੰਗਾਹ, ਸੁਰਜੀਤ ਸਿੰਘ ਭਿੱਟੇਵਿਡ, ਮਨਜੀਤ ਸਿੰਘ ਸਕੱਤਰ ਤੇ ਸੁਲੱਖਣ ਸਿੰਘ ਮੈਨੇਜਰ ਨੂੰ ਸ਼ਾਮਲ ਕੀਤਾ ਗਿਆ ਹੈ।

ਜ਼ਿਲ੍ਹੇਵਾਰ ਰਾਹਤ ਕੈਂਪਾਂ ਲਈ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸਰਹੱਦੀ ਖੇਤਰ ਦੇ ਲੋਕਾਂ ਦੀ ਰਿਹਾਇਸ਼ ਅਤੇ ਲੰਗਰ ਲਈ ਯੋਗ ਪ੍ਰਬੰਧ ਕਰਨ ਵਾਸਤੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਪਿੰਡਾਂ ਦੇ ਲੋਕਾਂ ਲਈ ਮੈਡੀਕਲ ਕੈਂਪ ਅਤੇ ਐਂਬੂਲੈਂਸ ਵੈਨਾਂ ਦੇ ਬੂਥ ਵੀ ਲਾਏ ਜਾ ਰਹੇ ਹਨ। ਇਹ ਬੂਥ ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਰੱਤੋਕੇ, ਗੁਰਦੁਆਰਾ ਸ੍ਰੀ ਬਾਠ ਸਾਹਿਬ ਪਠਾਨਕੋਟ, ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ, ਬਜੀਦਪੁਰ ਫਿਰੋਜ਼ਪੁਰ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਪਿੰਡ ਹੁਸ਼ਿਆਰਨਗਰ ਵਿਖੇ ਲੱਗਣਗੇ। ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕੰਟਰੋਲ ਰੂਮ ਵਿੱਚ ਹਰਜਿੰਦਰ ਸਿੰਘ ਅਤੇ ਮਲਕੀਤ ਸਿੰਘ ਬਹਿੜਵਾਲ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਨਾਲ ਮੋਬਾਈਲ ਫੋਨ ਨੰਬਰ 99142-46207 ਅਤੇ 98147-77224 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਨਵੇਂ ਸਦਨ ਦੀ ਚੋਣ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਹੈ। ਉਥੋਂ ਜਵਾਬ ਆਉਣ ਤੋਂ ਬਾਅਦ 21 ਦਿਨਾਂ ਦੇ ਨੋਟਿਸ ਮਗਰੋਂ ਹੀ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪਸ਼ਟ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦਾ ਹਰ ਫ਼ੈਸਲਾ ਪ੍ਰਵਾਨ ਹੋਵੇਗਾ ਪਰ ਉਹ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।



from Punjab News – Latest news in Punjabi http://ift.tt/2cUb7Iz
thumbnail
About The Author

Web Blog Maintain By RkWebs. for more contact us on rk.rkwebs@gmail.com

0 comments