ਬਠਿੰਡਾ : ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਜੀਕਲ ਹਮਲੇ ਦੇ ਮਾਮਲੇ ‘ਚ ਸਾਰਾ ਦੇਸ਼ ਇਕਜੁਟ ਹੈ।
ਡਾ. ਬੀ.ਆਰ. ਅੰਬੇਡਕਰ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਹੋਏ ਪੰਜਵੇਂ ਰਾਸ਼ਟਰੀ ਸੈਮੀਨਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ੌਜ ਦੀ ਸਮਰੱਥਾ ਅਤੇ ਭਰੋਸੇਯੋਗਤਾ ‘ਤੇ ਸਵਾਲ ਉਠਾਉਣੇ ਬਿਲਕੁਲ ਗ਼ਲਤ ਹਨ। ਉਨ੍ਹਾਂ ਕਿਹਾ ਕਿ ਹਮਲੇ ਦੀ ਵੀਡੀਉ ਨੂੰ ਜਨਤਕ ਕਰਨਾ ਜਾਂ ਨਾ ਕਰਨਾ ਕੇਂਦਰ ਦਾ ਵਿਸ਼ਾ ਹੈ।
ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਜਿਹਾ ਦੇਸ਼ ਦੇ ਗ੍ਰਹਿ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਹੀ ਪਿੰਡਾਂ ਨੂੰ ਖ਼ਾਲੀ ਕਰਵਾਉਣ ਦੇ ਹੁਕਮ ਦਿਤੇ ਸਨ। ਕੇਂਦਰੀ ਗ੍ਰਹਿ ਮੰਤਰੀ ਨੇ ਖ਼ੁਦ ਫ਼ੋਨ ਕਰ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ ਤੇ ਇਹਤਿਆਤ ਵਜੋਂ ਇਹ ਕਦਮ ਚੁਕਿਆ ਗਿਆ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੁਜਰਾਤ ਅਤੇ ਰਾਜਸਥਾਨ ਦੇ ਸਰਹੱਦੀ ਖੇਤਰਾਂ ਨੂੰ ਵੀ ਖ਼ਾਲੀ ਕਰਵਾਇਆ ਗਿਆ ਸੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਈ.ਏ.ਐਸ. ਤੇ ਆਈ.ਪੀ.ਟੈਸ ਵਰਗੀਆਂ ਸਿਵਲ ਸੇਵਾਵਾਂ ‘ਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਸਥਾਨਕ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ‘ਚ ਵਿਸ਼ਵ ਪਧਰੀ ਕੋਚਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਡਾ. ਅੰਬੇਡਕਰ ਦੇ ਜੀਵਨ ਅਤੇ ਦਰਸ਼ਨ ਬਾਰੇ ਪੀ.ਐਚ.ਡੀ ਕਰਨ ਦੇ ਹਰ ਚਾਹਵਾਨ ਨੂੰ ਪੰਜ ਲੱਖ ਰੁਪਏ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਨੂੰ ਇਕ ਮਹਾਨ ਸਕਾਲਰ, ਕਾਨੂੰਨਦਾਨ, ਅਰਥਸਾਸ਼ਤਰੀ, ਸਮਾਜ ਸੁਧਾਰਕ ਅਤੇ ਮਹਾਨ ਸ਼ਖ਼ਸੀਅਤ ਦਸਿਆ। ਸ. ਬਾਦਲ ਨੇ ਅਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਉਸ ਸਮੇਂ ਔਰਤਾਂ ਅਤੇ ਦਬੇ-ਕੁਚਲੇ ਵਰਗਾਂ ਦੇ ਹੱਕ ਵਿਚ ਆਵਾਜ਼ ਉਠਾਈ ਜਦ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਅਪਮਾਨਤ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦਾ ਉਥਾਣ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਬਾਨੀ ਨੇ ਸਾਰਿਆਂ ਦੀ ਮਿਆਰੀ ਸਿਖਿਆ ਉਤੇ ਜ਼ੋਰ ਦਿਤਾ ਸੀ। ਸਮਾਗਮ ਵਿਚ ਇੰਦਰ ਇਕਬਾਲ ਸਿੰਘ ਅਟਵਾਲ, ਦਰਸ਼ਨ ਸਿੰਘ ਕੋਟਫੱਤਾ, ਡਾ. ਬਸੰਤ ਗਰਗ, ਸਵਪਨ ਸ਼ਰਮਾ, ਡਾ. ਐਮ.ਪੀ. ਸਿੰਘ ਇਸ਼ਰ, ਐਚ.ਐਸ. ਗਿੱਲ ਸ਼ਾਮਲ, ਡਾ ਜੀ.ਪੀ.ਆਈ ਸਿੰਘ, ਬਲਵੰਤ ਰਾਏ ਨਾਥ ਆਦਿ ਹਾਜ਼ਰ ਸਨ।
from Punjab News – Latest news in Punjabi http://ift.tt/2dGHI3R
0 comments