ਸੰਦੌੜ, 31 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ’ਤੇ ਪਾਰਟੀ ਵਰਕਰਾਂ ਖ਼ਿਲਾਫ਼ ਝੂਠੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ। ਇੱਥੇ ਅਨਾਜ ਮੰਡੀ ਵਿੱਚ ‘ਨੌਜਵਾਨੋਂ ਕੇ ਸੁਆਲ ਕੈਪਟਨ ਕੇ ਜਵਾਬ’ ਬੈਨਰ ਹੇਠਲੀ ਰੈਲੀ ਮੌਕੇ ਕੈਪਟਨ ਅਮਰਿੰਦਰ ਨੇ ਅਕਾਲੀ-ਭਾਜਪਾ ਸਰਕਾਰ ਅਤੇ ‘ਆਪ’ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ।
ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਹਰਿਆਣਾ ਦੇ ਰਹਿਣ ਵਾਲੇ ਸ੍ਰੀ ਕੇਜਰੀਵਾਲ ਪੰਜਾਬ ਦਾ ਭਲਾ ਨਹੀਂ ਸੋਚ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 90 ਲੱਖ ਦੇ ਕਰੀਬ ਨੌਜਵਾਨ ਬੇਰੁਜ਼ਗਾਰ ਹਨ ਜਿਨ੍ਹਾਂ ਨੂੰ ਅਕਾਲੀ ਦਲ ਨੇ ਪਿਛਲੇ 9 ਸਾਲਾਂ ਤੋਂ ਲਾਰਿਆਂ ਵਿੱਚ ਲਾਈ ਰੱਖਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਆਉਣ ’ਤੇ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਬਾਰੇ ਸੂਬੇ ਦੇ ਲੋਕ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਕਿਸਾਨਾਂ, ਦਲਿਤਾਂ ਤੇ ਵਪਾਰੀਆਂ ਵਾਸਤੇ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਇਸ ਦੌਰਾਨ ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਵਾਲ ਜਵਾਬ ਕੀਤੇ।
ਹਲਕਾ ਮਾਲੇਰਕੋਟਲਾ ਦੀ ਸਾਬਕਾ ਵਿਧਾਇਕਾ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਲੰਘੀਆਂ ਲੋਕ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੰਸਦ ਮੈਂਬਰ ਬਣਾ ਕੇ ਵੱਡੀ ਗਲਤੀ ਕੀਤੀ ਹੈ। ਚੋਣਾਂ ਤੋਂ ਬਾਅਦ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਦੀ ਸਾਰ ਤੱਕ ਨਹੀਂ ਲਈ। ਇਸ ਮੌਕੇ ਬੀਬੀ ਨਿਸ਼ਾਤ ਅਖ਼ਤਰ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ ਤੇ ਕਿਸਾਨ ਸੈੱਲ ਦੇ ਸੂਬਾ ਸਕੱਤਰ ਸੁਖਬੀਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ‘ਕੈਪਟਨ ਕੀ ਬਾਤ-ਨੌਜਵਾਨੋਂ ਕੇ ਸਾਥ’ ਦੌਰਾਨ ਕਿਹਾ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਵਿੱਚ ਨਸ਼ਿਆਂ ’ਤੇ ਚਾਰ ਹਫ਼ਤਿਆਂ ਵਿੱਚ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦਾ ਉਦਯੋਗ, ਖੇਤੀ ਤੇ ਵਪਾਰ ਖੜ੍ਹੋਤ ਵਿੱਚ ਹੈ। ਪੰਜਾਬ ਦੇ ਵਿੱਤੀ ਸੰਕਟ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਿਰ ਇੱਕ ਲੱਖ ਚਾਲੀ ਹਜ਼ਾਰ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੂਬਾਈ ਸੂਬੇ ਦੀ ਮੀਤ ਪ੍ਰਧਾਨ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਜੇਕਰ ਪੰਜਾਬੀਆਂ ਨੇ ਸੱਤਾ ਕਾਂਗਰਸ ਨੂੰ ਸੌਂਪੀ ਤਾਂ ਸੂਬੇ ਦੇ ਲੋਕਾਂ ਲਈ ਭਲਾਈ ਸਕੀਮਾਂ ਚਲਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ। ਸੰਸਦ ਮੈਂਬਰ ਭਗਵੰਤ ਮਾਨ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਮੈਡਮ ਸੁਲਤਾਨਾ ਨੇ ਕਿਹਾ ਕਿ ਚੁਟਕਲਿਆਂ ਤੇ ਫੋਕੀ ਬਿਆਨਬਾਜ਼ੀ ਨਾਲ ਸੂਬੇ ਦੇ ਗ਼ਰੀਬ ਲੋਕਾਂ ਦਾ ਢਿੱਡ ਨਹੀਂ ਭਰਦਾ।
ਜਗਮੀਤ ਬਾਰੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਾਰਟੀ ਆਗੂ ਜਗਮੀਤ ਸਿੰਘ ਬਰਾੜ ਬਾਰੇ ਫ਼ੈਸਲਾ ਦਿੱਲੀ ਹਾਈਕਮਾਨ ਕਰੇਗੀ। ਉਹ ਇਸ ਮਾਮਲੇ ’ਤੇ ਕੋਈ ਟਿੱਪਣੀ ਨਹੀਂ ਕਰਨੀ ਚਾਹੁੰਦੇ। ਉਨ੍ਹਾਂ ਐਲਾਨ ਕੀਤਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਪਰਿਵਾਰ ਵਿੱਚੋਂ ਸਿਰਫ਼ ਇੱਕ ਮੈਂਬਰ ਹੀ ਚੋਣ ਲੜੇਗਾ। ਗਣਤੰਤਰਤਾ ਦਿਵਸ ਮੌਕੇ ਪਰੇਡ ਵਿੱਚ ਸਿੱਖ ਰੈਜੀਮੈਂਟ ਨੂੰ ਸ਼ਾਮਲ ਨਾ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।
from Punjab News – Latest news in Punjabi http://ift.tt/1nyjs6T

0 comments