ਫਿਲਹਾਲ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੱਬੀ ਸ਼ੇਰਗਿੱਲ।
ਅੰਮ੍ਰਿਤਸਰ, 10 ਫਰਵਰੀ : ਗਾਇਕ ਰੱਬੀ ਸ਼ੇਰਗਿੱਲ ਖਡੂਰ ਸਾਹਿਬ ਜ਼ਿਮਨੀ ਚੋਣ ਵਿੱਚ ਆਜ਼ਾਦ ਉਮੀਦਵਾਰ ਵਜੋਂ ਨਿੱਤਰੇ ਸੁਮੇਲ ਸਿੰਘ ਦੇ ਸਮਰਥਨ ਲਈ ਪੁੱਜੇ। ਉਨ੍ਹਾਂ ਆਖਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਵਾਗਡੋਰ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਆਵੇਗੀ।
ਖਡੂਰ ਸਾਹਿਬ ਰਵਾਨਾ ਹੋਣ ਤੋਂ ਪਹਿਲਾਂ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਫਿਲਹਾਲ ਉਹ ਕਾਂਗਰਸ ਜਾਂ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਦੱਸਣਯੋਗ ਹੈ ਕਿ ਉਨ੍ਹਾਂ ਬਾਰੇ ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਵੱਲੋਂ ਉਨ੍ਹਾਂ ਨੂੰ ਮਾਹਿਰਾਂ ਦੀ ਇੱਕ ਕਮੇਟੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੋਲੋਂ ਸੁਝਾਅ ਮੰਗੇ ਸਨ ਅਤੇ ਉਨ੍ਹਾਂ ਨੇ ਆਪਣੇ ਸੁਝਾਅ ਦੇਣ ਦਾ ਭਰੋਸਾ ਵੀ ਦਿੱਤਾ ਹੈ ਪਰ ਉਹ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਆਖਿਆ ਕਿ ਜੇਕਰ ਕੋਈ ਹੋਰ ਸਿਆਸੀ ਪਾਰਟੀ ਵੀ ਸੂਬੇ ਦੇ ਹਿੱਤਾਂ ਵਿੱਚ ਕੋਈ ਸੁਝਾਅ ਮੰਗਦੀ ਹੈ ਤਾਂ ਉਹ ਉਸ ਪਾਰਟੀ ਨੂੰ ਵੀ ਆਪਣੇ ਸੁਝਾਅ ਦੇ ਸਕਦੇ ਹਨ। ਖਡੂਰ ਸਭਾ ਜ਼ਿਮਨੀ ਚੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਚੋਣ 2017 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਲੋਕਾਂ ਦਾ ਰੁਝਾਨ ਦੱਸੇਗੀ। ਉਨ੍ਹਾਂ ਆਖਿਆ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚੋਂ ਜਿੱਤਣ ਵਾਲੇ ਉਮੀਦਵਾਰ ਲਈ ਕਾਰਜਕਾਲ ਦਾ ਸਮਾਂ ਬਹੁਤ ਘੱਟ ਹੋਵੇਗਾ, ਕਿਉਂਕਿ ਇਸ ਤੋਂ ਬਾਅਦ ਜਲਦੀ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਆ ਜਾਣਗੀਆਂ। ਉਨ੍ਹਾਂ ਆਖਿਆ ਕਿ ਉਹ ਇੱਥੇ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਕਨਵੀਨਰ ਦੀ ਹਮਾਇਤ ਵਿੱਚ ਚੋਣ ਪ੍ਰਚਾਰ ਕਰਨ ਲਈ ਆਏ ਹਨ ਜੋ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
from Punjab News – Latest news in Punjabi http://ift.tt/1Xklioh
0 comments